ਕੋਵਿਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ

News18 Punjabi | News18 Punjab
Updated: April 20, 2021, 7:24 PM IST
share image
ਕੋਵਿਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ
ਕੋਵਿਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ

  • Share this:
  • Facebook share img
  • Twitter share img
  • Linkedin share img
ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਰੜੀਆਂ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਜੋ ਕਿ ਕੱਲ੍ਹ ਤੋਂ ਲਾਗੂ ਹੋਣਗੇ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ।

ਨਿੱਜੀ ਲੈਬਜ਼ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ। ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ।

ਪੂਰੇ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ 20 ਤੋਂ ਜਿ਼ਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ, ਸਿਰਫ ਸਸਕਾਰ ਨੂੰ ਛੱਡ ਕੇ, ਲਈ ਜਿ਼ਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਨੂੰ ਐਤਵਾਰ ਦੇ ਦਿਨ ਬੰਦ ਕਰਨਾ ਸ਼ਾਮਲ ਹੈ, ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ। ਮੁੱਖ ਮੰਤਰੀ ਨੇ ਪੁਲਿਸ ਵਿਭਾਗ ਨੂੰ ਇਹ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰਨ ਅਤੇ ਲੋੜ ਪੈਣ ਉੱਤੇ ਸਿਵਲ ਸੁਸਾਇਟੀ ਸੰਗਠਨਾਂ ਦੀ ਮਦਦ ਲੈਣ ਦੇ ਵੀ ਹੁਕਮ ਦਿੱਤੇ। ਸਮੁੱਚੇ ਹਫ਼ਤਾਵਾਰੀ ਬਾਜ਼ਾਰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਉਡਾਣਾਂ ਰਾਹੀਂ ਪੰਜਾਬ ਵਿਚ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰ.ਟੀ.-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ ਜੋ ਕਿ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਦੀ ਹਵਾਈ ਅੱਡੇ ਉੱਤੇ ਹੀ ਆਰ.ਏ.ਟੀ. ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹੁਕਮ ਦਿੱਤੇ ਕਿ ਜਿਨ੍ਹਾਂ ਵਿਅਕਤੀਆਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸ਼ਮੂਲੀਅਤ ਕੀਤੀ ਹੈ (ਧਾਰਮਿਕ/ਸਿਆਸੀ/ਸਮਾਜਿਕ), ਉਨ੍ਹਾਂ ਨੂੰ ਘਰ ਵਾਪਸੀ ਉੱਤੇ ਪ੍ਰੋਟੋਕਾਲ ਦੇ ਅਨੁਸਾਰ ਪੰਜ ਦਿਨਾਂ ਲਈ ਘਰ ਵਿਚ ਏਕਾਂਤਵਾਸ ਵਿਚ ਰਹਿਣਾ ਪਵੇਗਾ।

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਬੱਸਾਂ/ਟੈਕਸੀਆਂ ਅਤੇ ਆਟੋ ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇ। ਸੂਬੇ ਵਿਚ ਆਉਣ ਵਾਲੇ ਯਾਤਰੀਆਂ ਦੀ ਜਾਂਚ ਸਬੰਧੀ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ.) ਜਾਂਚ ਬੂਥ ਸਥਾਪਿਤ ਕੀਤੇ ਜਾਣ ਅਤੇ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾਵੇ। ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਵੀ ਕੀਤਾ ਜਾਵੇ।

ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਪਟਵਾਰੀਆਂ ਦੀ ਭਰਤੀ ਪ੍ਰੀਖਿਆ ਮੁਲਤਵੀ ਕੀਤੀ ਜਾਵੇ ਅਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਐਮ.ਬੀ.ਬੀ.ਐਸ./ਬੀ.ਡੀ.ਐਸ./ਬੀ.ਏ.ਐਮ.ਐਸ. ਦੇ ਪਹਿਲੇ, ਦੂਜੇ ਅਤੇ ਤੀਜੇ ਵਰ੍ਹੇ ਤੇ ਪਹਿਲੇ ਵਰ੍ਹੇ ਦੇ ਨਰਸਿੰਗ ਦੇ ਵਿਦਿਆਰਥੀਆਂ ਲਈ ਆਨਲਾਈਨ ਪ੍ਰੀਖਿਆ ਕਰਵਾਈ ਜਾਵੇ।

ਮੁੱਖ ਮੰਤਰੀ ਨੇ ਸਮੁੱਚੇ ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਆਪਣੀ ਅਪੀਲ ਮੁੜ ਤੋਂ ਦੁਹਰਾਈ ਕਿ ਉਹ ਵੱਡੇ ਇਕੱਠਾਂ ਤੋਂ ਗੁਰੇਜ਼ ਕਰਨ ਅਤੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਤੋਂ ਇਲਾਵਾ ਕੋਵਿਡ ਤੋਂ ਸੁਰੱਖਿਅਤ ਰਹਿਣ ਲਈ ਸਾਰੇ ਜ਼ਰੂਰੀ ਪ੍ਰੋਟੋਕਾਲਾਂ ਖਾਸ ਤੌਰ `ਤੇ ਮਾਸਕ ਪਾਉਣ ਅਤੇ ਇਕੱਠਾਂ ਵਿਚ ਨਾ ਜਾਣ ਬਾਰੇ ਪ੍ਰੇਰਿਤ ਕਰਨ।

ਗਾਰਡੀਅਨਜ਼ ਆਫ ਗਵਰਨੈਂਸ ਅਤੇ ਸਮੂਹ ਸਾਬਕਾ ਫੌਜੀਆਂ ਨੂੰ ਸਕੂਲਾਂ ਵਿਚ ਕੋਵਿਡ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮੋਹਰੀ ਰੋਲ ਅਦਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿਚਲੀਆਂ ਫੌਜੀ ਛਾਉਣੀਆਂ ਦੇ ਹਸਪਤਾਲਾਂ ਨੇ ਸੂਬਾ ਸਰਕਾਰ ਨੂੰ ਇਹ ਯਕੀਨ ਦਵਾਇਆ ਹੈ ਕਿ ਕੋਵਿਡ ਕੇਸਾਂ `ਚ ਵਾਧੇ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਜਦੋਂ ਕਿ ਨਿੱਜੀ ਹਸਪਤਾਲਾਂ ਨੂੰ ਕੋਵਿਡ ਦੇ ਮਰੀਜ਼ਾਂ ਲਈ 75 ਫੀਸਦੀ ਬਿਸਤਰੇ ਰਾਖਵੇਂ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ ਸਥਿਤੀ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਕੋਵਿਡ ਨਾਲ ਸਬੰਧਤ ਸੰਵੇਦਨਸ਼ੀਲ ਪੱਧਰ ਦੀ ਸਾਂਭ ਸੰਭਾਲ ਅਤੇ ਮਦਦ ਮੁਹੱਈਆ ਕਰਵਾ ਰਹੇ ਸਾਰੇ ਨਿੱਜੀ ਹਸਪਤਾਲਾਂ ਵਿਚ ਕੋਵਿਡ ਲਈ ਐਲ-3 ਪੱਧਰ ਦੀਆਂ ਸਹੂਲਤਾਂ ਵਿਚ 75 ਫੀਸਦੀ ਰਾਖਵਾਂਕਰਨ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਚੋਣਵਾਂ ਓਪਰੇਸ਼ਨ 15 ਮਈ ਤੱਕ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਨਾ ਕੀਤਾ ਜਾਵੇ ਅਤੇ ਸਾਰੇ ਓ.ਪੀ.ਡੀ. ਮਰੀਜ਼ਾਂ ਦੀ ਜਾਂਚ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਟੀਕਾਕਰਨ ਲਈ ਵੀ ਉਤਸ਼ਾਹਤ ਕੀਤਾ ਜਾਵੇ।
Published by: Gurwinder Singh
First published: April 19, 2021, 6:26 PM IST
ਹੋਰ ਪੜ੍ਹੋ
ਅਗਲੀ ਖ਼ਬਰ